ਸਿੱਖ ਬੰਦੀਆਂ ਦੀ ਰਿਹਾਈ ਦਾ ਮੁੱਦਾ ਉਠਿਆ ਬੰਦੀ ਛੋੜ ਦਿਵਸ ਮੌਕੇ

Uncategorized

ਸ੍ਰੋਮਣੀ ਕਮੇਟੀ ਵੱਲੋਂ ਰਾਜਪਾਲ ਨੂੰ ਮੰਗ ਪੱਤਰ
ਦਲ ਖਾਲਸਾ ਵੱਲੋਂ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ
ਅੰਮ੍ਰਿਤਸਰ (ਜੇ. ਐਸ. ਮਾਂਗਟ): ਬੰਦੀ ਛੋੜ ਦਿਵਸ (ਦੀਵਾਲੀ) ਮੌਕੇ 13 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੰਜੀ ਸਾਹਿਬ ਹਾਲ ਵਿੱਚ ਹੋਏ ਇੱਕ ਸਮਾਗਮ ਵਿੱਚ ਸ੍ਰੀ ਅਕਾਲ ਤਕਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਅਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ 30-30 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ।

ਭਾਈ ਬਲਵੰਤ ਸਿੰਘ ਰਾਜੋਆਣਾ 17 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਦੀ ਰਿਹਾਈ ਦੀ ਪਟੀਸ਼ਨ 12 ਸਾਲਾਂ ਤੋਂ ਗ੍ਰਹਿ ਮੰਤਰਾਲੇ ਕੋਲ ਲਟਕ ਰਹੀ ਹੈ। ਜਥੇਦਾਰ ਨੇ ਰੋਸ ਜਾਹਰ ਕੀਤਾ ਕਿ ਇੱਕ ਪਾਸੇ ਸੰਗੀਨ ਜ਼ੁਰਮਾਂ ਵਿੱਚ ਬੰਦ ਵਿਅਕਤੀਆਂ ਨੂੰ ਛੱਡਿਆ ਜਾ ਰਿਹਾ ਅਤੇ ਦੂਜੇ ਪਾਸੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਸਾਹਿਬਾਨ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਚਾਰਾਜੋਈ ਕਰਨ ਲਈ ਵੀ ਕਿਹਾ।
ਇਸੇ ਮੁਹਿੰਮ ਤਹਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਵਫਦ ਬੀਤੀ 16 ਨਵੰਬਰ ਵਾਲੇ ਦਿਨ ਰਾਜਪਾਲ ਨੂੰ ਮਿਲਿਆ ਅਤੇ ਉਨ੍ਹਾਂ ਨੇ ਲੰਮੇ ਅਰਸੇ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਇਸ ਮੌਕੇ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਦੇ ਨਾਂ ਦਿੱਤੇ ਗਏ ਮੰਗ ਪੱਤਰ ਤੋਂ ਇਲਾਵਾ ਰਿਹਾਈ ਦੇ ਹੱਕ ਵਿੱਚ ਕਰਵਾਏ ਗਏ 25 ਲੱਖ ਸਿੱਖਾਂ ਦੇ ਦਸਤਖਤ ਵੀ ਰਾਜਪਾਲ ਨੂੰ ਸੌਂਪੇ ਗਏ। ਦਸਤਖਤਾਂ ਵਾਲੇ ਇਹ ਪ੍ਰਫਾਰਮੇ ਟਰੱਕ ਭਰ ਕੇ ਚੰਡੀਗੜ੍ਹ ਲਿਆਂਦੇ ਗਏ ਸਨ, ਪਰ ਰਾਜਪਾਲ ਨੂੰ ਦਸਤਖਤ ਡਿਜ਼ੀਟਲ ਰੂਪ ਵਿੱਚ ਹੀ ਸੌਂਪੇ ਗਏ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲਣ ਵਾਲੇ ਇਸ ਵਫਦ ਵਿੱਚ ਸ. ਧਾਮੀ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਲਖਬੀਰ ਸਿੰਘ ਅਤੇ ਹਰਭਜਨ ਸਿੰਘ ਸ਼ਾਮਲ ਸਨ।
ਰਾਸ਼ਟਰਪਤੀ ਨੂੰ ਦਿੱਤੇ ਗਏ ਮੰਗ ਪੱਤਰ ਵਿੱਚ ਉਮਰ ਕੈਦ ਨਾਲੋਂ ਦੁੱਗਣੀ ਸਜ਼ਾ ਭੁਗਤ ਚੁੱਕੇ ਗੁਰਦੀਪ ਸਿੰਘ ਖੇੜਾ, ਦਵਿੰਦਰ ਪਾਲ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਭਿਉਰਾ ਅਤੇ ਜਗਤਾਰ ਸਿੰਘ ਤਾਰਾ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਮੰਗ ਪੱਤਰ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਨ ਦੀ ਵੀ ਅਪੀਲ ਕੀਤੀ ਗਈ। ਮੰਗ ਪੱਤਰ ਵਿੱਚ ਬੰਦੀ ਸਿੰਘਾਂ ਸਬੰਧੀ ਵੇਰਵੇ ਵੀ ਦਰਜ ਕੀਤੇ ਗਏ ਹਨ। ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਨਾ ਦੇਣ ਅਤੇ ਸਿੱਖ ਬੰਦੀਆਂ ਨੂੰ ਉਮਰੋਂ ਲੰਮੀਆਂ ਕੈਦਾਂ ਭੁਗਤਣ ਲਈ ਮਜ਼ਬੂਰ ਕਰਨ ਦਾ ਵੀ ਜ਼ਿਕਰ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਧਾਮੀ ਨੇ ਕਿਹਾ ਕਿ ਇਸ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਮੁੱਦਾ ਸਭ ਤੋਂ ਅਹਿਮ ਮੁੱਦਾ ਹੈ। ਇਸ ਤੋਂ ਇਲਾਵਾ ਮੰਗ ਪੱਤਰ ਵਿੱਚ ਸਿੱਖ ਗੁਰਦੁਆਰਾ ਐਕਟ 1925 ਨਾਲ ਕੀਤੀ ਗਈ ਛੇੜ ਛਾੜ ਦਾ ਮਾਮਲਾ ਵੀ ਉਠਾਇਆ ਗਿਆ।
ਦਲ ਖਾਲਸਾ ਵੱਲੋਂ ਪ੍ਰਦਰਸ਼ਨ: ਦੀਵਾਲੀ ਤੋਂ ਇੱਕ ਦਿਨ ਪਹਿਲਾਂ ਦਲ ਖਾਲਸਾ ਵੱਲੋਂ ਵੀ ਅੰਮ੍ਰਿਤਸਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਅਰਦਾਸ ਕੀਤੀ ਗਈ ਅਤੇ ਰਿਹਾਈ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਅਤੇ ਰਾਜਨੀਤਿਕ ਤਰੀਕਿਆਂ ਨਾਲ ਲੜਾਈ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਆਗੂ ਸ. ਗੁਰਨਾਮ ਸਿੰਘ ਮੂਨਕ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਉਨ੍ਹਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜੇ ਇਸ ਮਾਮਲੇ ਵਿੱਚ ਸੰਘਰਸ਼ ਨਾ ਕੀਤਾ ਗਿਆ ਤਾਂ ਸਰਕਾਰਾਂ ਨੇ ਸਿੱਖ ਕੈਦੀਆਂ ਨੂੰ ਇਨਸਾਫ ਨਹੀਂ ਦੇਣਾ। ਨੌਜਵਾਨਾਂ ਵੱਲੋਂ ਇਹ ਪ੍ਰਦਰਸ਼ਨ ਘੰਟਾ ਘਰ ਪਲਾਜਾ ਨੇੜੇ ਆਯੋਜਤ ਕੀਤਾ ਗਿਆ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮਰਹੂਮ ਮੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਇੱਕ ਪੱਤਰ ਲਿਖ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਦੀ ਫਾਂਸੀ ਦੀ ਮੁਆਫੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਵਾਪਸ ਲਈ ਜਾਵੇ। ਭਾਈ ਰਾਜੋਆਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹੁਕਮ ਕਰਨ ਕਿ ਉਨ੍ਹਾਂ ਦੀ ਫਾਂਸੀ ਰੁਕਵਾਉਣ ਲਈ ਰਾਸ਼ਟਰਪਤੀ ਕੋਲ ਕੀਤੀ ਗਈ ਰਹਿਮ ਦੀ ਅਪੀਲ ਰੱਦ ਕੀਤੀ ਜਾਵੇ।
ਯਾਦ ਰਹੇ, ਪੰਜਾਬ ਦੇ ਉਸ ਵੇਲੇ ਦੇ ਕਾਂਗਰਸੀ ਮੁੱਖ ਮੰਤਰੀ 31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਹੋਏ ਇੱਕ ਆਤਮਘਾਤੀ ਬੰਬ ਧਮਾਕੇ ਵਿੱਚ ਮਾਰੇ ਗਏ ਸਨ। ਇਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਤੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਹੋਈ ਸੀ। 2010 ਵਿੱਚ ਹਵਾਰਾ ਦੀ ਅਪੀਲ ‘ਤੇ ਹਾਈਕੋਰਟ ਨੇ ਉਸ ਦੀ ਫਾਂਸੀ ਦੀ ਸਜ਼ਾ ਤਾਉਮਰ ਕੈਦ ਵਿੱਚ ਬਦਲ ਦਿੱਤੀ ਸੀ। ਰਾਜੋਆਣਾ ਦੀ ਫਾਂਸੀ ਲਈ 30 ਮਾਰਚ 2012 ਦਾ ਦਿਨ ਮਿੱਥਿਆ ਗਿਆ ਸੀ ਅਤੇ ਉਸ ਵੱਲੋਂ ਆਪਣੀ ਫਾਂਸੀ ਰੋਕਣ ਲਈ ਕੋਈ ਅਪੀਲ ਨਹੀਂ ਸੀ ਕੀਤੀ ਗਈ। ਇਸ ਮਾਮਲੇ ਵਿੱਚ ਅਕਾਲ ਤਖਤ ਸਾਹਿਬ ਦੇ ਅਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਦੀ ਫਾਂਸੀ ਰੁਕਵਾਉਣ ਲਈ ਰਾਸ਼ਟਰਪਤੀ ਕੋਲ ਅਪੀਲ ਕੀਤੀ ਗਈ ਸੀ। ਮਿੱਥੀ ਤਰੀਕ ਤੋਂ ਦੋ ਦਿਨ ਪਹਿਲਾਂ ਇਸ ਫਾਂਸੀ ‘ਤੇ ਰੋਕ ਲਗਾ ਕੇ ਰਾਸ਼ਟਰਪਤੀ ਨੇ ਇਸ ਸਬੰਧੀ ਫਾਈਲ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤੀ ਸੀ। ਪਿਛਲੇ 12 ਸਾਲਾਂ ਤੋਂ ਇਹ ਫਾਈਲ ਕੇਂਦਰੀ ਗ੍ਰਹਿ ਮੰਤਰਾਲੇ ਵਿੱਚ ਪਈ ਹੈ।
ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਸਿੱਖ ਬੰਦੀਆਂ ਦੀ ਰਿਹਾਈ ਲਈ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਸਮਾਗਮ:
ਇਸੇ ਦੌਰਾਨ ਬੀਤੀ 19 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦੀ ਅਗਵਾਈ ਵਿੱਚ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਬੰਦੀਆਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਯਾਦ ਰਹੇ, ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਨੈਸ਼ਨਲ ਸਿਕਿਉਰਿਟੀ ਐਕਟ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਇਹ ਪੰਜ ਤਖਤਾਂ ‘ਤੇ ਕੀਤੇ ਜਾ ਰਹੇ ਅਰਦਾਸ ਸਮਾਗਮਾਂ ਦਾ ਦੂਜਾ ਪੜਾਅ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਅਰਦਾਸ ਬੇਨਤੀ ਕੀਤੀ ਗਈ ਹੈ। ਅਗਲਾ ਅਰਦਾਸ ਸਮਾਗਮ 3 ਦਸੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਨਿਸ਼ਾਨਾ ਸਿੱਖ ਨੌਜਵਾਨਾਂ ਨੂੰ ਅੰਮ੍ਰਿਤ ਛਕਾਉਣਾ ਅਤੇ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਦੇ ਪਿੰਡ ਜੱਲੂਪੁਰ ਖੇੜਾ ਪਹੁੰਚਣ ਵਾਲੇ ਸਿੰਘਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਉਣ ਦੀ ਮੁਹਿੰਮ ਜਾਰੀ ਰੱਖੀ ਜਾਵੇਗੀ। ਇਸ ਸਮਾਗਮ ਵਿੱਚ ਬੰਦੀ ਸਿੰਘਾਂ ਦੇ ਪਰਿਵਾਰਾਂ, ਸਿੱਖ ਜਥੇਬੰਦੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਹੁੰਚੇ ਨੌਜਵਾਨਾਂ ਨੇ ਹਿੱਸਾ ਲਿਆ। ਕਾਫੀ ਗਿਣਤੀ ਵਿੱਚ ਨੌਜਵਾਨ ਅੰਮ੍ਰਿਤ ਛਕ ਕੇ ਗੁਰੂ ਵਾਲੇ ਵੀ ਬਣੇ। ਉਨ੍ਹਾਂ ਤਿੰਨ ਦਸੰਬਰ ਨੂੰ ਸੰਗਤਾਂ ਨੂੰ ਸਿੱਧੇ ਦਮਦਮਾ ਸਾਹਿਬ ਪੁੱਜਣ ਦੀ ਅਪੀਲ ਕੀਤੀ। ਅਰਦਾਸ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਕੀਤੀ ਗਈ। ਇਸ ਮੌਕੇ ਹੋਰਨਾ ਤੋਂ ਇਲਾਵਾ ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਵਤਾਰ ਸਿੰਘ ਰਿਆ, ਬਾਬਾ ਬਖਸ਼ੀਸ਼ ਸਿੰਘ ਅਤੇ ਭਾਈ ਪਰਮਜੀਤ ਸਿੰਘ ਬਾਠ ਵੀ ਸ਼ਾਮਲ ਸਨ।

Leave a Reply

Your email address will not be published. Required fields are marked *