-ਪੰਜਾਬੀ ਪਰਵਾਜ਼ ਬਿਊਰੋ
ਅਕਾਲ ਤਖਤ ਸਾਹਿਬ ਦੇ ਸਾਬਕਾ (ਲਾਪਤਾ) ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਇੱਕ ਪੜਤਾਲੀਆ ਰਿਪੋਰਟ ਦੇ ਕੁਝ ਅੰਸ਼ ਜਨਤਕ ਹੋਣ ਨਾਲ ਇਸ ਮਸਲੇ ਨੇ ਜਨਤਕ ਬਹਿਸ (ਪਬਲਿਕ ਡਿਬੇਟ) ਦਾ ਅੱਧਾ ਆਕਾਸ਼ ਮੱਲ ਲਿਆ ਹੈ। ਵਿਸ਼ੇਸ਼ ਤੌਰ ‘ਤੇ ਸੋਸ਼ਲ ਮੀਡੀਆ ਦੇ ਬਹੁਗਿਣਤੀ ਚੈਨਲ ਇਸੇ ਮਸਲੇ ਦੀ ਪੁਣ-ਛਾਣ ਵਿੱਚ ਲੱਗੇ ਹੋਏ ਹਨ। ਇਸ ਤੋਂ ਇਲਾਵਾ ਸ਼ਹੀਦੀ ਪੰਦਰਵਾੜੇ ਦੇ ਬਾਵਜੂਦ ਇਹ ਮਸਲਾ ਪੰਜਾਬੀ ਅਖਬਾਰਾਂ ਦੇ ਪੰਨਿਆਂ ‘ਤੇ ਛਾਇਆ ਰਿਹਾ।
ਯਾਦ ਰਹੇ, ਜਥੇਦਾਰ ਗੁਰਦੇਵ ਸਿੰਘ ਕਾਉਂਕੇ 25 ਦਸੰਬਰ 1992 ਨੂੰ ਉਨ੍ਹਾਂ ਦੇ ਪਿੰਡੋਂ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਏ ਗਏ ਸਨ। ਉਨ੍ਹਾਂ ਨੂੰ ਹਿਰਾਸਤ ਵਿੱਚ ਤਸ਼ੱਦਦ ਨਾਲ ਨਿਢਾਲ ਰੂਪ ਵਿੱਚ ਵੇਖਣ ਵਾਲੇ ਕੁਝ ਚਸ਼ਮਦੀਦ ਗਵਾਹਾਂ ਅਨੁਸਾਰ ਇਸ ਪਿੱਛੋਂ 31 ਦਸੰਬਰ ਅਤੇ ਪਹਿਲੀ ਜਨਵਰੀ ਦੀ ਵਿਚਕਾਰਲੀ ਰਾਤ ਨੂੰ ਉਨ੍ਹਾਂ ਨੂੰ ਗੋਲੀ ਮਾਰਨ ਤੋਂ ਬਾਅਦ ਲਾਸ਼ ਦੇ ਟੁਕੜੇ ਕਰਕੇ ਨਹਿਰ ਵਿੱਚ ਵਹਾ ਦਿੱਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਏ ਕਰਾਰ ਦੇ ਦਿੱਤਾ ਗਿਆ।
ਅਕਾਲੀ-ਭਾਜਪਾ ਸਰਕਾਰ ਵੇਲੇ 7 ਜੂਨ 1998 ਨੂੰ ਪੰਜਾਬ ਪੁਲਿਸ ਦੇ ਇੱਕ ਐਡੀਸ਼ਨਲ ਡੀ.ਜੀ.ਪੀ. ਸ਼੍ਰੀ ਬੀ.ਪੀ. ਤਿਵਾੜੀ ਨੂੰ ਇਸ ਮਸਲੇ ਦੀ ਪੜਤਾਲ ਕਰਨ ਦਾ ਜਿੰਮਾ ਦਿੱਤਾ ਗਿਆ ਸੀ ਅਤੇ ਪੂਰੀ ਦਰਿਆਫਤ ਤੋਂ ਬਾਅਦ ਦਰਜ ਕੀਤੀ ਗਈ ਰਿਪੋਰਟ ਵਿੱਚ ਜਥੇਦਾਰ ਕਾਉਂਕੇ ਦੇ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਕਹਾਣੀ ਝੂਠੀ ਪਾਈ ਗਈ। ਰਿਪੋਰਟ ਵਿੱਚ ਇਸ ਮਾਮਲੇ ਵਿੱਚ ਸਬੰਧਤ ਦੋਸ਼ੀਆਂ ਖਿਲਾਫ ਕੇਸ ਦਰਜ ਕਰਨ ਦੀ ਸਿਫਾਰਸ਼ ਵੀ ਕੀਤੀ ਗਈ ਸੀ; ਪਰ ਅਕਾਲੀ-ਭਾਜਪਾ ਸਰਕਾਰ ਦੇ ਦੋਵੇਂ ਕਾਰਜ ਕਾਲਾਂ ਦੌਰਾਨ ਇਸ ਰਿਪੋਰਟ ਨੂੰ ਜਨਤਕ ਨਹੀਂ ਸੀ ਕੀਤਾ ਗਿਆ ਅਤੇ ਨਾ ਹੀ ਇਸ ‘ਤੇ ਕੋਈ ਕਾਰਵਾਈ ਕੀਤੀ ਗਈ ਸੀ। ਪਿਛੋਂ ਬਣੀ ਕਾਂਗਰਸ ਸਰਕਾਰ ਅਤੇ ਹੁਣ ਵਾਲੀ ‘ਆਪ’ ਸਰਕਾਰ ਦੇ ਕਾਰਜਕਾਲ ਵਿੱਚ ਵੀ ਇਹ ਰਿਪੋਰਟ ਫਾਈਲਾਂ ਵਿੱਚ ਦੱਬੀ ਰਹੀ। ਹੁਣ ਕੁਝ ਦਿਨ ਪਹਿਲਾਂ ਇਸ ਰਿਪੋਰਟ ਦੇ ਕੁਝ ਅੰਸ਼ ਪੰਜਾਬ ਮੁਨੁੱਖੀ ਅਧਿਕਾਰ ਸੰਗਠਨ ਨਾਲ ਸਬੰਧਤ ਇੱਕ ਵਕੀਲ ਸਰਬਜੀਤ ਸਿੰਘ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੇ ਗਏ ਤਾਂ ਜਥੇਦਾਰ ਸਾਹਿਬ ਵੱਲੋਂ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪ ਕੇ ਕਤਲ ਕੇਸ ਦਰਜ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਯਾਦ ਰਹੇ, ਇਸ ਮਾਮਲੇ ਲਈ ਮੁੱਖ ਤੌਰ ‘ਤੇ ਜ਼ਿੰਮੇਵਾਰ ਐਸ.ਐਸ.ਪੀ. ਸਵਰਨ ਸਿੰਘ ਘੋਟਣਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਸਬੰਧਤ ਮੁੱਦੇ ‘ਤੇ ਬੋਲਦਿਆਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕੀਤੀ ਗਈ ਸਿੱਖ ਨਸਲਕੁਸ਼ੀ ਦੀ ਇਹ ਘਿਨਾਉਣੀ ਮਿਸਾਲ ਹੈ। ਇਸ ਦੇ ਕਾਤਲ ਬੇਪਰਦ ਹੋਣੇ ਚਾਹੀਦੇ ਹਨ ਅਤੇ ਇਸ ਨਾਲ ਸਬੰਧਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਚੇਤੇ ਰਹੇ, ਇਸ ਮਾਮਲੇ ਵਿੱਚ ਪੜਤਾਲੀਆ ਰਿਪੋਰਟ ਜੁਲਾਈ 1999 ਵਿੱਚ ਸ੍ਰੀ ਬੀ.ਪੀ. ਤਿਵਾੜੀ ਵੱਲੋਂ ਅਕਾਲੀ ਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੌਂਪੀ ਗਈ ਸੀ ਅਤੇ ਹਾਲੇ ਤੱਕ ਵੀ ਇਹ ਅਧਿਕਾਰਤ ਤੌਰ ‘ਤੇ ਜਨਤਕ ਨਹੀਂ ਕੀਤੀ ਗਈ। ਇਸ ਪੂਰੀ ਰਿਪੋਰਟ ਨੂੰ ਅਧਿਕਾਰਤ ਤੌਰ ‘ਤੇ ਜਨਤਕ ਕਰਨ ਦਾ ਦਬਾਅ ਮੌਜੂਦਾ ‘ਆਪ’ ਸਰਕਾਰ ‘ਤੇ ਵੀ ਆਉਣ ਵਾਲੇ ਦਿਨਾਂ ਵਿੱਚ ਵਧ ਸਕਦਾ ਹੈ।
ਉਧਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਅਤੇ ਐਮ.ਪੀ. ਸਿਮਰਨਜੀਤ ਸਿੰਘ ਮਾਨ ਨੇ ਵੀ ਜਥੇਦਾਰ ਕਾਉਂਕੇ ਦੇ ਕਾਤਲਾਂ ਨੂੰ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਵੀ ਮੰਗ ਕੀਤੀ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਸਿੱਖ ਕੌਮ ਨਾਲ ਹੋ ਰਹੀਆਂ ਜ਼ਿਆਦਤੀਆਂ ਅਤੇ ਬੇਇਨਸਾਫੀਆਂ ਵਿਰੁਧ ਸੰਘਰਸ਼ ਜਾਰੀ ਰਹੇਗਾ। ਸ. ਮਾਨ ਨੇ ਦੋਸ਼ ਲਾਇਆ ਕਿ ਖੁਫੀਆ ਏਜੰਸੀਆਂ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਸਿੱਖ ਕੌਮ ਦੀ ਸੰਪੂਰਨ ਆਜ਼ਾਦੀ ਲਈ ਸੰਘਰਸ਼ਸ਼ੀਲ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਿੱਖਾਂ ਦੇ ਕਤਲਾਂ ਦੀ ਕੌਮਾਂਤਰੀ ਪੱਧਰ ‘ਤੇ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਸਜ਼ਾ ਦਿਵਾਈ ਜਾਵੇ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਨਸ਼ਾ ਤਸਕਰਾਂ ਖਿਲਾਫ ਵੀ ਜੋLਰਦਾਰ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਵਿੱਚ ਹੋ ਰਹੇ ਪੁਲਿਸ ਮੁਕਾਬਲੇ ਵੀ ਤੁਰੰਤ ਬੰਦ ਕੀਤੇ ਜਾਣ ਦੀ ਵੀ ਮੰਗ ਕੀਤੀ। ਯਾਦ ਰਹੇ, ਪਿਛਲੇ ਦਿਨੀਂ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਮੈਂਬਰ ਪਾਰਲੀਮੈਂਟ ਧਰਮਵੀਰ ਗਾਂਧੀ ਨੇ ਵੀ ਪੰਜਾਬ ਵਿੱਚ ਗਰੀਬ ਘਰਾਂ ਦੇ ਨੌਜਵਾਨਾਂ ਦੇ ਕੀਤੇ ਜਾ ਰਹੇ ਕਥਿਤ ਪਲਿਸ ਮੁਕਾਬਲਿਆਂ ‘ਤੇ ਇਤਰਾਜ ਉਠਾਇਆ ਸੀ।
ਜਥੇਦਾਰ ਕਾਉਂਕੇ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 30 ਦਸੰਬਰ ਨੂੰ ਜੋ ਅਖੰਡ ਪਾਠ ਸਾਹਿਬ ਸ਼ੁਰੂ ਕੀਤਾ ਗਿਆ ਸੀ, ਉਸ ਦਾ ਭੋਗ ਪਹਿਲੀ ਜਨਵਰੀ ਨੂੰ ਅਕਾਲ ਤਖਤ ਸਾਹਿਬ ‘ਤੇ ਪਾਇਆ ਗਿਆ। ਇਸ ਸਮਾਗਮ ਵਿੱਚ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਪਤਨੀ ਨੇ ਵੀ ਸ਼ਿਰਕਤ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਵਿੱਚ ਬੋਲਦਿਆਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਤੋਂ ਬਾਅਦ ਸਿੱਖਾਂ ‘ਤੇ ਕੀਤੇ ਗਏ ਸਰਕਾਰੀ ਅੱਤਿਆਚਾਰ ਨੂੰ ਕੌਮ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਾਹਮਣੇ ਆਈ ਇਹ ਰਿਪੋਰਟ ਉਨ੍ਹਾਂ ਸਮਿਆਂ ਵਿੱਚ ਹੋਏ ਘੋਰ ਤਸ਼ੱਦਦ ਦੀ ਗਵਾਹੀ ਭਰਦੀ ਹੈ। ਇਸ ਤੋਂ ਇਲਾਵਾ ਪਿੰਡ ਕਾਉਂਕੇ ਵਿਖੇ ਸਿੱਖ ਰੈਡੀਕਲਜ਼ ਵੱਲੋਂ ਵੀ ਜਥੇਦਾਰ ਕਾਉਂਕੇ ਦੀ ਸ਼ਹੀਦੀ ਸਬੰਧੀ ਇੱਕ ਸਮਾਗਮ ਕੀਤਾ ਗਿਆ ਅਤੇ ਜਿਸ ਵਿੱਚ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਵੱਖ ਵੱਖ ਆਗੂਆਂ ਨੇ ਸ਼ਿਰਕਤ ਕੀਤੀ।
ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾਣ ਤੋਂ ਪਿੱਛੋਂ ਕਮੇਟੀ ਦਾ ਇੱਕ ਵਫਦ ਪਿੰਡ ਕਾਉਂਕੇ ਕਲਾਂ ਵਿਖੇ ਉਨ੍ਹਾਂ ਦੀ ਪਤਨੀ ਗੁਰਮੇਲ ਕੌਰ ਨੂੰ ਮਿਲਿਆ ਸੀ ਅਤੇ ਉਨ੍ਹਾਂ ਦੇ ਪੁੱਤਰ ਭਾਈ ਹਰੀ ਸਿੰਘ ਤੋਂ ਇਲਾਵਾ ਪਿੰਡ ਦੀਆਂ ਨਾਮਵਰ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਗਰਾਓਂ ਤੋਂ ਮੈਂਬਰ ਗੁਰਚਰਨ ਸਿੰਘ ਗਰੇਵਾਲ ਅਨੁਸਾਰ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਿੰਗ ਦੇ ਸੇਵਾਦਾਰ ਭਗਵੰਤ ਸਿੰਘ ਸਿਆਲਕਾ ਅਤੇ ਉਨ੍ਹਾਂ ਦੀ ਟੀਮ ਦੀ ਇਸ ਮਾਮਲੇ ਨਾਲ ਨਜਿੱਠਣ ਲਈ ਡਿਊਟੀ ਲਗਾਈ ਹੈ।