*ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਨੂੰ ਤਨਖਾਹ ਲਾਈ
*ਦਿੱਲੀ ਦਾ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ ਤਨਖ਼ਾਹੀਆ ਕਰਾਰ
*ਅਕਾਲੀ ਦਲ ਦੀ ਨਵੀਂ ਭਰਤੀ ਅਤੇ ਪੁਨਰ ਉਸਾਰੀ ਦਾ ਆਦੇਸ਼ ਦਿੱਤਾ
ਜਸਵੀਰ ਸਿੰਘ ਮਾਂਗਟ
ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਵੱਲੋਂ ਆਪਣੇ ਰਾਜਭਾਗ ਦੌਰਾਨ ਕੀਤੇ ਗਏ ਕਈ ਗੁਨਾਹਾਂ ਲਈ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਲੰਘੀ 2 ਦਸੰਬਰ ਨੂੰ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸਜ਼ਾ ਸੁਣਾ ਦਿੱਤੀ ਗਈ ਹੈ। ਇਸ ਮੌਕੇ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਅਕਾਲੀ ਦਲ ਦੀਆਂ 2007 ਤੋਂ 2017 ਤੱਕ ਦੀਆਂ ਸਰਕਾਰਾਂ ਵਿੱਚ ਰਹੇ ਕੈਬਨਿਟ ਮੰਤਰੀ, ਅਕਾਲੀ ਦਲ ਦੀ 2015 ਵਾਲੀ ਕੋਰ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੀ 2015 ਵਾਲੀ ਅੰਤਿੰ੍ਰਗ ਕਮੇਟੀ ਦੇ ਮੈਂਬਰ ਗਲ਼ਾਂ ਵਿੱਚ ਪੱਲੇ ਪਾ ਕੇ ਅਕਾਲ ਤਖਤ ਸਾਹਿਬ ਦੇ ਸਨਮੁਖ ਪੇਸ਼ ਹੋਏ।
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਉਣ, ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਸਾਹਿਬਾਨ ਨੂੰ ਆਪਣੇ ਘਰ ਬੁਲਾ ਕੇ ਮੁਆਫੀਨਾਮਾ ਦਿਵਾਉਣ, ਸਿੱਖ ਨੌਜਵਾਨਾਂ ‘ਤੇ ਤਸ਼ੱਦਦ ਕਰਨ ਅਤੇ ਉਨ੍ਹਾਂ ਦੇ ਝੂਠੇ ਪੁਲਿਸ ਮੁਕਾਬਲੇ ਬਣਾਉਣ ਦੇ ਦੋਸ਼ੀ ਅਫਸਰਾਂ ਨੂੰ ਤਰੱਕੀਆਂ ਦੇਣ ਅਤੇ ਉਨ੍ਹਾਂ ਨੂੰ ਉਚੇ ਅਹੁਦਿਆਂ ‘ਤੇ ਨਿਯੁਕਤ ਕਰਨ ਤੇ ਅਕਾਲੀ ਦਲ ਵੱਲੋਂ ਟਿਕਟਾਂ ਦੇਣ ਆਦਿ ਦੋਸ਼ਾਂ ਦੇ ਇਵਜ ਵਜੋਂ ਉਸ ਸਮੇਂ ਦੀ ਅਕਾਲੀ ਕੈਬਨਿਟ ਦੇ ਮੈਂਬਰਾਂ ਨੂੰ ਤਨਖਾਹ ਲਗਾਈ ਗਈ। ਸਿੰਘ ਸਹਿਬਾਨ ਵੱਲੋਂ ਤਲਬ ਕੀਤੇ ਗਏ ਆਗੂਆਂ ਵਿੱਚੋਂ ਉਪਰੋਕਤ ਦੋਸ਼ਾਂ ਦੇ ਫੈਸਲਿਆਂ ਵਿੱਚ ਸ਼ਾਮਲ, ਫੈਸਲਿਆਂ ਦੀ ਹਮਾਇਤ ਕਰਨ ਅਤੇ ਫੈਸਲਿਆਂ ਵੇਲੇ ਖਾਮੋਸ਼ ਰਹਿਣ ਵਾਲੇ ਆਗੂਆਂ ਨੂੰ ਤਿੰਨ ਵੱਖ-ਵੱਖ ਗਰੁੱਪਾਂ ਵਿੱਚ ਵੰਡ ਕੇ ਤਨਖਾਹ ਲਗਾਈ ਗਈ। ਇਸ ਵਿੱਚ ਸੰਗਤ ਲਈ ਬਣੇ ਟੋਇਲਟ ਅਤੇ ਬਾਥਰੂਮ ਸਾਫ ਕਰਨ, ਦਰਬਾਰ ਸਾਹਿਬ ਦੇ ਪਹਿਰੇਦਾਰਾਂ ਵਾਲਾ ਪਹਿਰਾਵਾ ਪਾ ਕੇ ਤੇ ਬਰਛਾ ਫੜ ਕੇ ਸੇਵਾ ਨਿਭਾਉਣ, ਸੰਗਤ ਦੇ ਜੋੜੇ ਸਾਫ ਕਰਨ, ਲੰਗਰ ਵਿੱਚ ਜੂਠੇ ਭਾਂਡੇ ਮਾਂਜਣ, ਝਾੜੂ ਪੋਚਾ ਲਾਉਣ, ਕੀਰਤਨ ਸੁਣਨ ਅਤੇ ਸੁਖਮਨੀ ਸਾਹਿਬ ਦਾ ਪਾਠ ਕਰਨ ਆਦਿ ਦੀ ਸਜ਼ਾ ਸ਼ਾਮਲ ਹੈ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਦੇ ਮਰਹੂਮ ਆਗੂ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਪੰਥ ਰਤਨ, ਫਖ਼ਰ-ਏ-ਕੌਮ ਦਾ ਦਿੱਤਾ ਗਿਆ ਖਿਤਾਬ ਵੀ ਮਨਸੂਖ ਕਰਨ ਦਾ ਫੈਸਲਾ ਕੀਤਾ ਗਿਆ।
ਇੱਕ ਹੋਰ ਮਹੱਤਵਪੂਰਨ ਰਾਜਨੀਤਿਕ ਫੈਸਲੇ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਸਮੂਹਿਕ ਤੌਰ ‘ਤੇ ਸਿੱਖ ਕੌਮ ਦੀ ਅਗਵਾਈ ਕਰਨ ਦਾ ਨੈਤਿਕ ਆਧਾਰ ਗਵਾ ਚੁੱਕੀ ਹੈ। ਇਸ ਨੂੰ ਆਧਾਰ ਬਣਾ ਕੇ ਉਨ੍ਹਾਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਹੁਕਮ ਕੀਤਾ ਕਿ ਉਹ ਇਨ੍ਹਾਂ ਸਾਰੇ ਆਗੂਆਂ ਦੇ ਅਸਤੀਫੇ ਪ੍ਰਵਾਨ ਕਰਕੇ ਤਿੰਨ ਦਿਨਾਂ ਦੇ ਅੰਦਰ ਅੰਦਰ ਅਕਾਲ ਤਖਤ ਸਾਹਿਬ ‘ਤੇ ਸੂਚਨਾ ਦੇਵੇ। ਉਨ੍ਹਾਂ ਵਰਕਿੰਗ ਕਮੇਟੀ ਅਤੇ ਮੌਜੂਦਾ ਪਾਰਟੀ ਢਾਂਚੇ ਨੂੰ ਭੰਗ ਕਰਕੇ ਅਕਾਲੀ ਦਲ ਦੀ ਨਵੀਂ ਭਰਤੀ ਕਰਨ ਲਈ ਇੱਕ ਕਮੇਟੀ ਦਾ ਵੀ ਗਠਨ ਕੀਤਾ। ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਅਕਾਲੀ ਆਗੂ ਅਤੇ ਪੰਜਾਬ ਅਸੈਂਬਲੀ ਦੇ ਮੈਂਬਰ ਮਨਪ੍ਰੀਤ ਸਿੰਘ ਇਆਲੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਦਾ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੀ ਬੇਟੀ ਸਤਵੰਤ ਕੌਰ ਸ਼ਾਮਲ ਹਨ।
ਵੱਡੇ ਗੁਨਾਹਾਂ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਣੀਕੇ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਬਾਥਰੂਮਾਂ ਅਤੇ ਟੋਇਲਟਾਂ ਦੀ ਸਫਾਈ ਕਰਨ, ਇੱਕ ਘੰਟਾ ਲੰਗਰ ਦੇ ਭਾਂਡੇ ਮਾਂਜਣ, ਇੱਕ ਘੰਟਾ ਕੀਰਤਨ ਸੁਣਨ, ਹਰ ਰੋਜ਼ ਦੇ ਨਿੱਤਨੇਮ ਤੋਂ ਇਲਾਵਾ ਸੁਖਮਨੀ ਸਾਹਿਬ ਦਾ ਪਾਠ ਕਰਨ ਦੀ ਤਨਖਾਹ ਲਾਈ ਗਈ ਹੈ। ਉਨ੍ਹਾਂ ਵੱਲੋਂ ਇਹ ਸੇਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ, ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 2-2 ਦਿਨ ਲਈ ਨਿਭਾਈ ਜਾਵੇਗੀ। ਇਸ ਤੋਂ ਇਲਾਵਾ ਦਸ ਹੋਰ ਆਗੂਆਂ, ਜਿਨ੍ਹਾਂ ਵਿੱਚ ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਬਿਕਰਮ ਸਿੰਘ ਮਜੀਠੀਆ, ਸੋਹਣ ਸਿੰਘ ਠੰਡਲ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਚਰਨਜੀਤ ਸਿੰਘ ਅਟਵਾਲ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਜਮਨੇਜਾ ਸਿੰਘ ਸੇਖੋਂ ਸ਼ਾਮਲ ਹਨ, ਨੂੰ ਇੱਕ ਦਿਨ ਲਈ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਥਰੂਮਾਂ ਦੀ ਸਫਾਈ ਕਰਨ ਅਤੇ ਪੰਜ ਦਿਨ ਲਈ ਆਪਣੇ ਘਰ ਨੇੜੇ ਕਿਸੇ ਵੀ ਗੁਰਦੁਆਰਾ ਸਾਹਿਬ ਵਿੱਚ ਝਾੜੂ ਮਾਰਨ, ਬਰਤਨ ਮਾਂਜਣ, ਪੋਚਾ ਲਾਉਣ ਦੀ ਸੇਵਾ ਕਰਨ ਤੇ ਕੀਰਤਨ ਸੁਣਨ ਦੀ ਤਨਖਾਹ (ਸੇਵਾ) ਲਗਾਈ ਗਈ ਹੈ।
ਇਸ ਤੋਂ ਇਲਾਵਾ ਵਿਚਾਰ ਅਧੀਨ ਗਲਤ ਫੈਸਲਿਆਂ ਵੇਲੇ ਖਾਮੋਸ਼ ਰਹਿਣ ਵਾਲੇ ਆਗੂਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ 500 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਦੀ ਸੇਵਾ (ਤਨਖਾਹ) ਸੁਣਾਈ ਗਈ। ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਸਿੰਘ ਸਾਹਿਬਾਨ ਨੇ ਹੁਕਮ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਕ ਵਿੱਚੋਂ ਸੌਦਾ ਸਾਧ ਦੀ ਮੁਆਫੀ ਦੇ ਪ੍ਰਚਾਰ ਲਈ 95 ਲੱਖ ਦੇ ਇਸ਼ਤਿਹਾਰਾਂ ਦੀ ਰਕਮ ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਤੋਂ ਵਿਆਜ਼ ਸਮੇਤ ਵਸੂਲ ਕੀਤੀ ਜਾਵੇ। ਇਸ ਦੌਰਾਨ ਡਾ. ਉਪਿੰਦਰਜੀਤ ਕੌਰ, ਸੁਖਦੇਵ ਸਿੰਘ ਭੌਰ ਅਤੇ ਮੋਹਨ ਸਿੰਘ ਬੰਗੀ ਵੱਖ-ਵੱਖ ਕਾਰਨਾਂ ਕਰਕੇ ਅਕਾਲ ਤਖਤ ਸਾਹਿਬ ਸਨਮੁਖ ਪੇਸ਼ ਨਹੀਂ ਹੋ ਸਕੇ। ਉਨ੍ਹਾਂ ਦੀ ਸੁਣਵਾਈ ਕਿਸੇ ਹੋਰ ਦਿਨ ਹੋਵੇਗੀ। ਇਸ ਮੌਕੇ ਤਲਬ ਕੀਤੇ ਗਏ ਬਲਵੰਤ ਸਿੰਘ ਰਾਮੂਵਾਲੀਆ, ਮਨਜਿੰਦਰ ਸਿੰਘ ਸਿਰਸਾ ਅਤੇ ਮਨਪ੍ਰੀਤ ਸਿੰਘ ਬਾਦਲ ਦੀ ਪਤਿੱਤ ਹੋਣ ਕਾਰਨ ਸੁਣਵਾਈ ਨਹੀਂ ਹੋ ਸਕੀ। ਉਨ੍ਹਾਂ ਨੂੰ ਅਕਾਲ ਤਖਤ ਸਾਹਿਬ ਦੀ ਸਕੱਤਰੇਤ ਵਿਖੇ ਆਪਣਾ ਪੱਖ ਸਪਸ਼ਟ ਕਰਨ ਲਈ ਕਿਹਾ ਗਿਆ। ਇਨ੍ਹਾਂ ਆਗੂਆਂ ਦੀ ਸੁਣਵਾਈ ਵੀ ਕਿਸੇ ਹੋਰ ਦਿਨ ਹੋਵੇਗੀ।
ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰ:
ਦਿੱਲੀ ਦੇ ਇੱਕ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ ਨੂੰ ਜਥੇਦਾਰ ਸਾਹਿਬਾਨ ‘ਤੇ ਯੂਨੀਅਨਬਾਜ਼ੀ ਕਰਨ ਦੇ ਇਲਜ਼ਾਮ ਲਾਉਣ ਬਦਲੇ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ। ਵਿਰਸਾ ਸਿੰਘ ਵਲਟੋਹਾ ਨੂੰ ਤਾੜਨਾ ਕੀਤੀ ਗਈ ਕਿ ਉਹ ਜਥੇਦਾਰ ਸਹਿਬਾਨ ਬਾਰੇ ਕੂੜ ਪ੍ਰਚਾਰ ਬੰਦ ਕਰੇ, ਨਹੀਂ ਉਸ ਖਿਲਾਫ ਹੋਰ ਸਖਤ ਕਾਰਵਾਈ ਕੀਤੀ ਜਾਵੇਗੀ। ਤਿੰਨ ਸਾਬਕਾ ਜਥੇਦਾਰਾਂ ਦੇ ਸਪਸ਼ਟੀਕਰਨ ਨੂੰ ਰੱਦ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਗਈਆਂ ਸਾਰੀਆਂ ਸਹੂਲਤਾਂ ਵਾਪਸ ਲੈਣ ਅਤੇ ਜਥੇਦਾਰ ਗੁਰਮੁਖ ਸਿੰਘ ਦੀ ਬਦਲੀ ਅੰਮ੍ਰਿਤਸਰ ਤੋਂ ਬਾਹਰ ਕਰਨ ਦਾ ਹੁਕਮ ਕੀਤਾ ਗਿਆ। ਸਿੰਘ ਸਾਹਿਬ ਨੇ ਕਿਹਾ ਕਿ ਜਿੰਨਾ ਚਿਰ ਤੱਕ ਇਹ ਜਥੇਦਾਰ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫੀ ਨਹੀਂ ਮੰਗਦੇ, ਉਨੀ ਦੇਰ ਤੱਕ ਇਨ੍ਹਾਂ ਨੂੰ ਜਨਤਕ ਸਮਾਗਮਾਂ ਵਿੱਚ ਬੋਲਣ ਦਾ ਮੌਕਾ ਨਾ ਦਿੱਤਾ ਜਾਵੇ। ਇਸ ਦੌਰਾਨ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਵਰਕਰਾਂ ਨੂੰ 1 ਮਾਰਚ ਤੋਂ 30 ਅਪ੍ਰੈਲ ਤੱਕ ਸਵਾ ਲੱਖ ਬੂਟੇ ਲਗਾਉਣ ਤੇ ਪਾਲਣ ਦਾ ਵੀ ਹੁਕਮ ਦਿੱਤਾ ਗਿਆ। ਅਕਾਲੀ ਆਗੂਆਂ ਨੂੰ ਤਨਖਾਹ ਲਾਉਣ ਸਮੇਂ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਅਤੇ ਗਿਆਨੀ ਬਲਜੀਤ ਸਿੰਘ ਮੌਜੂਦ ਸਨ।
___________________________
ਸੁਖਬੀਰ ਨੂੰ ਸਵਾਲ
ਅਕਾਲ ਤਖਤ `ਤੇ ਜਦੋਂ ਗੁਰੂ ਦੀ ਹਜ਼ੂਰੀ ਤੇ ਸੰਗਤ ਦੀ ਹਾਜ਼ਰੀ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਕੀਤੇ ਗਏ ਤਾਂ ਉਸ ਲਈ ਇਹ ਨਮੋਸ਼ੀ ਵਾਲਾ ਸਮਾਂ ਸੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ’ਤੇ ਲੱਗੇ ਦੋਸ਼ ਸਬੰਧੀ ਪੁੱਛਿਆ ਕਿ ਅਕਾਲੀ ਸਰਕਾਰ ਵੇਲੇ ਉਨ੍ਹਾਂ ਸਾਲ 2015 ਦੇ ਪੰਥਕ ਮੁੱਦਿਆਂ, ਜਿਨ੍ਹਾਂ ਕਾਰਨ ਹਜ਼ਾਰਾਂ ਸ਼ਹੀਦੀਆਂ ਹੋਈਆਂ ਸਨ, ਨੂੰ ਉਨ੍ਹਾਂ ਵਿਸਾਰ ਦਿੱਤਾ ਸੀ। ਇਸ ਬਾਰੇ ਉਹ ‘ਹਾਂ’ ਜਾਂ ‘ਨਾਂਹ’ ਵਿੱਚ ਜਵਾਬ ਦੇਣ। ਸੁਖਬੀਰ ਬਾਦਲ ਨੇ ਜਦੋਂ ਇਸ ਦੇ ਵਿਸਥਾਰ ’ਚ ਜਾਣ ਦਾ ਯਤਨ ਕੀਤਾ ਤਾਂ ਜਥੇਦਾਰ ਨੇ ਆਖਿਆ ਕਿ ਉਹ ਸਿਰਫ ‘ਹਾਂ’ ਜਾਂ ‘ਨਾਂਹ’ ਵਿੱਚ ਜਵਾਬ ਦੇਣ ਤਾਂ ਉਸ ਨੇ ਗੁਨਾਹ ਕਬੂਲ ਕਰਦਿਆਂ ‘ਹਾਂ’ ਜੀ ਕਿਹਾ। ਦੂਜਾ ਸਵਾਲ ਕਰਦਿਆਂ ਸਿੰਘ ਸਾਹਿਬਾਨ ਨੇ ਕਿਹਾ ਕਿ ਅਤਿਵਾਦ ਵੇਲੇ ਬੇਗੁਨਾਹ ਸਿੱਖਾਂ ਦਾ ਕਤਲ ਕਰਨ ਵਾਲੇ ਅਫਸਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਤਰੱਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਾਰਟੀ ਦੀਆਂ ਟਿਕਟਾਂ ਵੀ ਦਿੱਤੀਆਂ ਗਈਆਂ। ਕੀ ਤੁਸੀਂ ਇਹ ਗੁਨਾਹ ਕੀਤਾ ਹੈ? ਤਾਂ ਸੁਖਬੀਰ ਸਿੰਘ ਬਾਦਲ ਨੇ ‘ਹਾਂ’ ਵਿੱਚ ਜਵਾਬ ਦਿੱਤਾ। ਤੀਜਾ ਸਵਾਲ, ਡੇਰਾ ਸਿਰਸਾ ਮੁਖੀ ਖ਼ਿਲਾਫ਼ ਦਰਜ ਕੇਸ ਨੂੰ ਵਾਪਸ ਕਰਵਾਉਣ ਦਾ ਗੁਨਾਹ ਕੀਤਾ ਹੈ ਜਾਂ ਨਹੀਂ? ਤਾਂ ਇਸ ਦੇ ਜਵਾਬ ਵਿੱਚ ਵੀ ਉਸ ਨੇ ‘ਹਾਂ’ ਆਖਿਆ।
ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦਿਵਾਉਣ ਲਈ 2015 ’ਚ ਜਥੇਦਾਰਾਂ ਨੂੰ ਚੰਡੀਗੜ੍ਹ ਬੁਲਾਉਣ ਅਤੇ ਉਨ੍ਹਾਂ ’ਤੇ ਪ੍ਰਭਾਵ ਪਾ ਕੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ ਕਰਾਉਣ ਦੇ ਜਵਾਬ ਵਿੱਚ ਮੁੜ ਸੁਖਬੀਰ ਸਿੰਘ ਬਾਦਲ ਨੇ ਵਿਸਥਾਰ ਵਿੱਚ ਜਾਣ ਦਾ ਯਤਨ ਕੀਤਾ ਤਾਂ ਜਥੇਦਾਰ ਨੇ ਤਾੜਨਾ ਕਰਦਿਆਂ ਉਨ੍ਹਾਂ ਨੂੰ ਆਪਣਾ ਜਵਾਬ ‘ਹਾਂ’ ਜਾਂ ‘ਨਾਂਹ’ ਵਿੱਚ ਹੀ ਦੇਣ ਦੀ ਤਾਕੀਦ ਕੀਤੀ। ਉਸ ਨੇ ਇਹ ਗੁਨਾਹ ਵੀ ਕਬੂਲ ਕਰ ਲਿਆ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸੁਖਬੀਰ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿਵਾਉਣ ਵਾਸਤੇ ਕੀਤੇ ਗਏ ਫ਼ੈਸਲੇ ਨੂੰ ਸਹੀ ਠਹਿਰਾਉਣ ਲਈ ਸ਼੍ਰੋੋਮਣੀ ਕਮੇਟੀ ਦੀ ਗੋਲਕ ਵਿੱਚੋਂ 90 ਲੱਖ ਰੁਪਏ ਦੇ ਇਸ਼ਤਿਹਾਰ ਦਿੱਤੇ ਜਾਣ ਦਾ ਗੁਨਾਹ ਵੀ ਕਬੂਲ ਕੀਤਾ।