ਅਕਾਲੀ ਸਿਆਸਤ ਵਿੱਚ ਧੁੰਦਲਕਾ ਜਾਰੀ

ਸਿਆਸੀ ਹਲਚਲ ਖਬਰਾਂ

*ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਵਾਪਸ ਲੈਣ ਲਈ ਮਨਾਉਣ ਦੇ ਯਤਨ
*ਦਿਲਚਸਪ ਹੋਣਗੇ ਆਉਣ ਵਾਲੇ ਦਿਨ
ਜਸਵੀਰ ਸਿੰਘ ਮਾਂਗਟ
ਅਕਾਲੀ ਸਿਆਸਤ ਵਿਚਲਾ ਰੋਲ ਘਚੋਲ਼ਾ ਜਾਰੀ ਹੈ। ਇੱਕ ਪਾਸੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਕਿਹਾ ਹੈ, ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ 26 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਪ੍ਰਧਾਨ ਧਾਮੀ ਦੇ ਅਸਤੀਫੇ ਬਾਰੇ ਕੋਈ ਫੈਸਲਾ ਨਹੀਂ ਹੋ ਸਕਿਆ। ਕਮੇਟੀ ਵੱਲੋਂ ਨਾ ਤੇ ਇਹ ਅਸਤੀਫਾ ਰੱਦ ਕੀਤਾ ਗਿਆ ਹੈ ਅਤੇ ਨਾ ਹੀ ਇਸ ਨੂੰ ਪ੍ਰਵਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਅੰਦਰਲੇ ਸੋਮਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੜ੍ਹਦੇ ਮਾਰਚ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾ ਦਿੱਤਾ ਜਾਵੇਗਾ ਅਤੇ ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਹਟਾ ਦੇਵੇਗੀ।

ਮਿਲੀਆਂ ਸੂਚਨਾਵਾਂ ਇਹ ਵੀ ਪੁਸ਼ਟ ਕਰਦੀਆਂ ਹਨ ਕਿ ਸ਼੍ਰੋਮਣੀ ਕਮੇਟੀ ਦਾ ਬਾਦਲ ਧੜਾ ਹੁਣ ਅਕਾਲ ਤਖ਼ਤ ਸਾਹਿਬ ਨਾਲ ਸਿੱਧਾ ਟਕਰਾਉਣ ਦੇ ਰਉਂ ਵਿੱਚ ਹੈ। ਉਂਝ ਕੁਝ ਮੀਡੀਆ ਚੈਨਲ ਇਸ ਕਿਸਮ ਦੀਆਂ ਖਬਰਾਂ ਵੀ ਚਲਾ ਰਹੇ ਹਨ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮ ਨੂੰ ਸਵੀਕਾਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫਾ ਵਾਪਸ ਲੈਣ ਦੀ ਸੋਚ ਰਹੇ ਹਨ ਅਤੇ ਤਿੰਨ ਅਕਾਲੀ ਆਗੂਆਂ- ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ ਅਤੇ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਸਾਹਿਬ `ਤੇ ਤਲਬ ਕਰਕੇ ਮੁੜ ਤਨਖਾਹ ਲਗਾਈ ਜਾ ਸਕਦੀ ਹੈ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਆਪਣੇ ਇੱਕ ਬਿਆਨ ਵਿੱਚ ਦੱਸਿਆ ਕਿ ਅਗਜ਼ੈਕਟਿਵ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਧਾਮੀ ਦਾ ਅਸਤੀਫਾ ਟੇਬਲ ਹੀ ਨਹੀਂ ਕੀਤਾ ਗਿਆ, ਰੱਦ ਜਾਂ ਪ੍ਰਵਾਨ ਕਰਨਾ ਤੇ ਦੂਰ ਦੀ ਗੱਲ ਹੈ। ਇਸ ਦੌਰਾਨ ਸ਼੍ਰੋਮਣੀ ਪੰਥ ਬੁੱਢਾ ਦਲ ਦੇ ਆਗੂ ਬਾਬਾ ਬਲਬੀਰ ਸਿੰਘ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਰ ਦੇ ਅਹੁਦੇ ਤੋਂ ਹਟਾਏ ਗਏ ਗਿਆਨੀ ਹਰਪ੍ਰੀਤ ਸਿੰਘ ਦੇ ਪੱਖ ਵਿੱਚ ਆ ਗਏ ਹਨ। ਉਨ੍ਹਾਂ ਆਪਣੇ ਇੱਕ ਬਿਆਨ ਵਿੱਚ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਤਖਤ ਦੀ ਮਾਣ ਮਰਿਅਦਾ ਨੂੰ ਦ੍ਰਿੜਤਾ ਨਾਲ ਕਾਇਮ ਰੱਖਣਾ ਚਾਹੀਦਾ ਹੈ। ਜਥੇਦਾਰ ਬਲਬੀਰ ਸਿੰਘ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਏ ਹੁਕਮਨਾਮੇ ਦੀ ਪਾਲਣਾ ਕਰਨ ਦੀ ਥਾਂ ਸ਼੍ਰੋਮਣੀ ਕਮੇਟੀ ਦੇ ਆਗੂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਨਿਸ਼ਾਨਾ ਬਣਾਈ ਜਾ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਠੋਸ ਫੈਸਲਾ ਲੈਂਦਿਆਂ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਬਾਰੇ ਲਏ ਗਏ ਫੈਸਲੇ ਨੂੰ ਵਾਪਸ ਲੈਣ ਦਾ ਨਿਰਦੇਸ਼ ਦੇਣਾ ਚਾਹੀਦਾ ਹੈ।
ਉਂਝ ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ (ਬਾਦਲ) ਦੇ ਆਗੂਆਂ ਨਾਲ ਟਕਰਾ ਲਈ ਸਿੱਧੇ ਹੋ ਗਏ ਲਗਦੇ ਹਨ। ਉਨ੍ਹਾਂ ਆਪਣੇ ਇੱਕ ਬਿਆਨ ਵਿੱਚ ਕਿਹਾ ਕਿ ਸਿੱਖ ਸਿਆਸਤ ਨੂੰ ਲੀਹ ‘ਤੇ ਲਿਆਉਣ ਲਈ ਸਿਆਸੀ ਅਖਾੜੇ ਵਿੱਚ ਉਤਰਨ ਤੋਂ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਅਕਾਲੀ ਦਲ ਵੱਲੋਂ ਕੀਤੀ ਗਈ ਭਰਤੀ ਨੂੰ ਬੋਗਸ ਕਰਾਰ ਦਿੱਤਾ। ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੂੰ ਬਹੁਤ ਸਾਰੇ ਗੁਰੂ ਘਰਾਂ ਵੱਲੋਂ ਮਾਣ ਸਨਮਾਨ ਲਈ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸੰਸਦੀ ਚੋਣਾਂ ਵਿੱਚ 18 ਲੱਖ ਵੋਟਾਂ ਪਈਆਂ ਸਨ, ਇਸ ਲਈ 33 ਲੱਖ ਦੀ ਭਰਤੀ ਕਿਸ ਤਰ੍ਹਾਂ ਹੋ ਸਕਦੀ ਹੈ।
ਇੱਥੇ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਮਿਲੇ ਸਨ ਅਤੇ ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਜਚਾਉਣ ਦੀ ਕੋਸ਼ਿਸ਼ ਕੀਤੀ ਕਿ ਜਥੇਦਾਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਸਾਰੇ ਮੁਲਾਜ਼ਮਾਂ ਨੂੰ ਲਗਾਉਣ ਅਤੇ ਉਨ੍ਹਾਂ ਨੂੰ ਸੇਵਾਮੁਕਤ ਕਰਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਦਾਇਰੇ ਵਿੱਚ ਆਉਂਦਾ ਹੈ। ਮਿੱਠੇ ਲਫਜ਼ਾਂ ਵਿੱਚ ਲਿਪਟੀ ਇਸ ਧਮਕੀ ਤੋਂ ਖਿਝੇ ਗਿਆਨੀ ਰਘਬੀਰ ਸਿੰਘ ਨੇ ਆਪਣੇ ਇੱਕ ਬਿਆਨ ਵਿੱਚ ਆਖਿਆ, “ਮੈਂ ਤੇ ਸਮਝਦਾ ਸਾਂ ਕਿ ਸ੍ਰੀ ਅਕਾਲ ਤਖਤ ਦਾ ਦਾਇਰਾ ਵਿਸ਼ਵ ਵਿਆਪੀ ਹੈ, ਪਰ ਮੈਨੂੰ ਤੇ ਅੱਜ ਪਤਾ ਲੱਗਾ ਕਿ ਇਸ ਦਾ ਦਾਇਰਾ ਅਕਾਲ ਤਖਤ ਸਾਹਿਬ ਦੀ ਇਮਾਰਤ ਤੱਕ ਹੀ ਸੀਮਤ ਹੈ।” ਇਸ ਵਿਅੰਗਮਈ ਟਿੱਪਣੀ ਨੇ ਅਕਾਲੀ ਹਲਕਿਆਂ ਵਿੱਚ ਇੱਕ ਵਾਰੀ ਤੇ ਸਨਾਟਾ ਪਾ ਦਿੱਤਾ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ 2 ਦਸੰਬਰ 2024 ਨੂੰ ਅਕਾਲ ਤਖਤ ਵੱਲੋਂ ਨਵੇਂ ਅਕਾਲੀ ਵਰਕਰਾਂ ਦੀ ਭਰਤੀ ਲਈ ਐਲਾਨੀ ਗਈ ਸੱਤ ਮੈਂਬਰੀ ਕਮੇਟੀ ਦੇ ਦੋ ਮੈਂਬਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹਰਜਿੰਦਰ ਸਿੰਘ ਧਾਮੀ ਅਸਤੀਫਾ ਦੇ ਚੁੱਕੇ ਹਨ। ਇਸ ਕਮੇਟੀ ਦੇ ਬਾਕੀ ਪੰਜ ਮੈਂਬਰਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਇਹ ਜਾਣਕਾਰੀ ਦਿੱਤੀ ਸੀ ਕਿ ਤਖਤ ਦੀ ਫਸੀਲ ਤੋਂ ਜਾਰੀ ਹੁਕਮਨਾਮੇ ਅਨੁਸਾਰ ਅਕਾਲੀ ਦਲ ਦੀ ਲੀਡਰਸ਼ਿਪ ਉਨ੍ਹਾਂ ਨੂੰ ਭਰਤੀ ਲਈ ਸਹਿਯੋਗ ਨਹੀਂ ਦੇ ਰਹੀ, ਇਸ ਲਈ ਬਣਦੇ ਆਦੇਸ਼ ਜਾਰੀ ਕੀਤੇ ਜਾਣ। ਇਸ ਦੌਰਾਨ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ 2 ਦਸੰਬਰ ਦਾ ਹੁਕਮਨਾਮਾ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਸੱਤ ਮੈਂਬਰੀ ਕਮੇਟੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਹਰਜਿੰਦਰ ਸਿੰਘ ਧਾਮੀ ਨੂੰ ਵੀ ਆਪਣੀ ਬਣਦੀ ਨੈਤਿਕ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕਰ ਚੁੱਕੇ ਹਨ।
ਇਸੇ ਦੌਰਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨ ਦਾ ਫੈਸਲਾ ਇੱਕ ਮੀਟਿੰਗ ਵਿੱਚ ਰੱਦ ਕਰ ਦਿੱਤਾ ਹੈ। ਉਧਰ ਸਰਨਾ ਭਰਾਵਾਂ ਨੇ ਦਿੱਲੀ ਕਮੇਟੀ ਦੇ ਇੱਕ ਸੰਮੇਲਨ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਮੂਲੀਅਤ ਨੂੰ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲ ਤਖਤ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਰਾਰ ਦਿੱਤਾ ਹੈ। ਸਿੱਖ ਸਿਆਸਤ ਦੇ ਦੂਸਰੇ ਕੋਨੇ ‘ਤੇ ਹੋਈ ਹਲਚਲ ਵਿੱਚ ਕੇਂਦਰ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ‘ਤੇ ਅੰਮ੍ਰਿਤਪਾਲ ਸਿੰਘ ਦੀ ਪਾਰਲੀਮੈਂਟ ਵਿੱਚ ਸ਼ਮੂਲੀਅਤ ਲਈ ਪੰਦਰਾਂ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਬਿਕਰਮ ਸਿੰਘ ਮਜੀਠੀਆ ਅਤੇ ਦਲਜੀਤ ਸਿੰਘ ਚੀਮਾ ਸਮੇਤ ਸੀਨੀਅਰ ਅਕਾਲੀ ਆਗੂਆਂ ਨੇ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਮਿਲ ਕੇ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ, ਪਰ ਉਹ ਟੱਸ ਤੋਂ ਮੱਸ ਨਹੀਂ ਹੋਏ। ਇਸ ਤਰ੍ਹਾਂ ਕੁੱਲ ਮਿਲਾ ਕੇ ਅਕਾਲੀ ਸਿਆਸਤ ਵਿੱਚ ਕੋਈ ਸਪਸ਼ਟ ਨਿਤਾਰਾ ਹੁੰਦਾ ਵਿਖਾਈ ਨਹੀਂ ਦੇ ਰਿਹਾ।

Leave a Reply

Your email address will not be published. Required fields are marked *